ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ’ਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ’ਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀਆਂ ਹਦਾਇਤਾਂ

ਜਲੰਧਰ 24 ਜੁਲਾਈ (ਚੰਦੜ੍ਹ) - ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਾਉਣ ਲਈ ਜਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਸਿਹਤ ਅਤੇ ਸਥਾਨਿਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸ਼ਹਿਰ ਵਿੱਚ ਲਾਰਵਾ ਕੇਸਾਂ ਦੀ ਪਹਿਚਾਣ ਹੋਣ ’ਤੇ ਚਲਾਨ ਕੀਤੇ ਜਾਣ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਢਿੱਲ ਨਾ ਵਰਤੀ ਜਾਵੇ ਕਿਉਂਕਿ ਇਹ ਸਮਾਂ ਉਨਾਂ ਨੂੰ ਸਬਕ ਸਿਖਾਉਣ ਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਡੇਂਗੂ ਦਾ ਲਾਰਵਾ ਪਾਏ ਜਾਣ ’ਤੇ ਸ਼ਖਤ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦਿਨ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਲਈ ਢੁਕਵੇਂ ਹਨ। ਉਨ੍ਹਾਂ ਸਿਹਤ ਅਤੇ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਹਰ ਵਾਰਡ ਵਿੱਚ ਫੌਗਿੰਗ ਸ਼ੁਰੂ ਕਰਵਾਈ ਜਾਵੇ। ਸ੍ਰੀ ਥੋਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸਿਹਤ ਵਰਕਰਾਂ ਦੁਆਰਾ ਡੇਂਗੂ ਲਈ ਜਿੰਮੇਵਾਰ ਮੱਛਰ ਏਡੀਜ਼ ਐਗੀਪਿਟੀ ਬਾਰੇ ਹੇਠਲੇ ਪੱਧਰ ਤੱਕ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਮੱਛਰਾਂ ਤੋਂ ਬਚਾਊ ਲਈ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਸ੍ਰੀ ਥੋਰੀ ਨੇ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਂਦਿਆਂ ਕੂਲਰਾਂ ਅਤੇ ਹੋਰ ਫਾਲਤੂ ਸਮਾਨ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਨੋਡਲ ਅਫ਼ਸਰ-ਕਮ-ਐਪੀਡੀਮੋਲੋਜਿਸਟ ਡਾ.ਸਤੀਸ਼ ਕੁਮਾਰ ਨੇ ਦੱਸਿਆ ਕਿ ਡੇਂਗੂ ਲਾਰਵਾ ਦੀ ਪਹਿਚਾਣ ਲਈ ਵਿਭਾਗ ਵਲੋਂ ਰੋਜ਼ਾਨਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਇਕ ਥਾਂ ਪਾਣੀ ਨਾ ਇਕੱਤਰ ਹੋਣ ਦੇਣ, ਆਲੇ ਦੁਆਲੇ ਦੀ ਸਾਫ਼ ਸਫ਼ਾਈ ਰੱਖਣ, ਕੂਲਰਾਂ ਦੀ ਸਫ਼ਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਲਾਰਵਾ ਪਾਏ ਜਾਣ ’ਤੇ 15 ਚਲਾਨ ਕੱਟੇ ਜਾ ਚੁੱਕੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਹੋਰ ਵੀ ਹਾਜ਼ਰ ਸਨ।

super visa