ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲੇ 33730 ਲੋਕਾਂ ਨੂੰ 1.62 ਕਰੋੜ ਜੁਰਮਾਨਾ

ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲੇ 33730 ਲੋਕਾਂ ਨੂੰ 1.62 ਕਰੋੜ ਜੁਰਮਾਨਾ

ਜਲੰਧਰ 24 ਅਗਸਤ (ਚੰਦੜ੍ਹ) - ਪੰਜਾਬ ਸਰਕਾਰ ਵਲੋਂ ਮਾਸਕ ਪਾਉਣ ਦੀਆਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖ਼ਤ ਕਾਰਵਾਈ  ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਹੁਣ ਤੱਕ ਮਾਸਕ ਨਾ ਪਾਉਣ ਵਾਲੇ 33730 ਲੋਕਾਂ ਨੂੰ 1.62 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਸਕ ਨਾ ਪਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੁਣ ਤੱਕ 33730 ਲੋਕਾਂ ਨੂੰ 1,62,10,600 ਰੁਪਏ ਜੁਰਮਾਨਾ ਕੀਤਾ ਗਿਆ ਹੈ।
ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 46 ਵਿਅਕਤੀਆਂ ਨੂੰ 86000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ’ਤੇ ਥੁੱਕਣ ਵਾਲੇ 453 ਵਿਅਕਤੀਆਂ ਨੂੰ 116100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 55038 ਟਰੈਫਿਕ ਚਲਾਨ ਕਰਕੇ 2366 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 74 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ  1.43 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 232 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ’ਤੇ 4.72 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 157 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 224 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 1,12,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮਾਸਕ ਜਰੂਰ ਪਾਇਆ ਜਾਵੇ।

super visa