ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ’ਤੇ 8 ਵਿਅਕਤੀ ਗ੍ਰਿਫ਼ਤਾਰ

ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ’ਤੇ 8 ਵਿਅਕਤੀ ਗ੍ਰਿਫ਼ਤਾਰ

ਜਲੰਧਰ 14 ਅਪ੍ਰੈਲ (ਨਿਊਜ85ਪੰਜਾਬ) -  ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 8 ਵਿਅਕਤੀਆਂ ਨੂੰ ਮਾਸਕ ਨਾ ਪਹਿਨਣ ’ਤੇ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਨਾਂ ਅੱਠ ਵਿਅਕਤੀਆਂ ਵਿੱਚ ਮਿੰਟੂ, ਪਰਮਵੀਰ ਉਰਫ਼ ਰਵੀ, ਸਿਮਰਨਜੀਤ ਸਿੰਘ, ਬਲਜੀਤ ਸਿੰਘ, ਕੇਵਲ ਕ੍ਰਿਸ਼ਨ ਉਰਫ਼ ਰਿੰਕੂ, ਰਾਜੀਵ ਉਰਫ਼ ਗੋਰਾ, ਹਰਦਿਆਲ ਸਿੰਘ ਅਤੇ ਕਰਨ ਕੁਮਾਰ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਹਰੇਕ ਲਈ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 8 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 4 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ 258 ਚਲਾਨ ਕੀਤੇ ਗਏ ਅਤੇ 13 ਵਾਹਨਾਂ ਨੂੰ ਜਬਤ ਕੀਤਾ ਗਿਆ। ਉਨ੍ਹਾਂ ਕਿਹ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਫ਼ਿਊ ਲੋਕਾਂ ਦੇ ਭਲੇ ਲਈ ਲਗਾਇਆ ਗਿਆ ਹੈ ਤਾਂ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

super visa