ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ’ਚ ਪ੍ਰਵਾਸੀ ਮਜ਼ਦੂਰਾਂ ਸਬੰਧੀ ਸਰਵੇ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ’ਚ ਪ੍ਰਵਾਸੀ ਮਜ਼ਦੂਰਾਂ ਸਬੰਧੀ ਸਰਵੇ ਦੀਆਂ ਹਦਾਇਤਾਂ

ਜਲੰਧਰ 3 ਅਪ੍ਰੈਲ (ਨਿਊਜ85ਪੰਜਾਬ) - ਜ਼ਿਲ੍ਹੇ ਵਿੱਚ ਪ੍ਰਵਾਸੀ ਮਜ਼ਦੂਰਾਂ ਸਬੰਧੀ ਸਹੀ ਜਾਣਕਾਰੀ ਇਕੱਤਰ ਕਰਕੇ ਉਨਾਂ ਨੂੰ ਕੋਵਿਡ-19 ਤੋਂ ਬਚਾ ਕੇ ਉਨ੍ਹਾਂ ਦੇ ਜੱਦੀ ਸੂਬਿਆਂ ਵਿੱਚ ਸੁਰੱਖਿਅਤ ਘਰ ਭੇਜਣ ਦੇ ਮਨੋਰਥ ਤਹਿਤ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਸਮੁੱਚੇ ਜ਼ਿਲ੍ਹੇ ਵਿੱਚ ਪ੍ਰਵਾਸੀ ਮਜ਼ਦੂਰਾਂ ਸਬੰਧੀ ਸਰਵੇ ਕਰਕੇ ਜਾਣਕਾਰੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜ਼ਿਲ੍ਹੇ ਵਿੱਚ ਹਰ ਪ੍ਰਵਾਸੀ ਮਜ਼ਦੂਰ ਦਾ ਰਿਕਾਰਡ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਵੇਰਵਾ ਪ੍ਰਵਾਸੀ ਮਜ਼ਦੂਰਾਂ ਦੇ ਸਬੰਧਿਤ ਰਾਜਾਂ ਨੂੰ ਭੇਜਿਆ ਜਾਵੇਗਾ ਤਾਂ ਕਿ ਉਹ ਦੇਸ਼ ਭਰ ਵਿੱਚ ਲਾਗੂ ਕੀਤੇ ਗਏ ਮੁਕੰਮਲ ਲਾਕ ਡਾਊਨ ਦੌਰਾਨ ਕੋਰੋਨਾ ਵਾਇਰਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਸੇਵਾ ਹੈ ਅਤੇ ਹਰ ਅਧਿਕਾਰੀ ਨੂੰ ਇਸ ਨੂੰ ਪੂਰੀ ਦਿਲਚਸਪੀ ਲੈਂਦੇ ਹੋਏ ਜਲਦ ਤੋਂ ਜਲਦ ਮੁਕੰਮਲ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਤੁਰੰਤ ਟੀਮਾਂ ਵੱਖ-ਵੱਖ ਖੇਤਰਾਂ ਵਿੱਚ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਸਿਰਫ਼ ਪ੍ਰਵਾਸੀ ਮਜ਼ਦੂਰਾਂ ਪਾਸੋਂ ਹੀ ਪ੍ਰਾਪਤ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਸਮੁੱਚੀ ਜਾਣਕਾਰੀ ਅਗਲੇ ਹਫ਼ਤੇ ਤੱਕ ਤਿਆਰ ਕਰ ਲਈ ਜਾਵੇ ਤਾਂ ਕਿ ਇਹ ਸੂਚਨਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਰਤ ਵਿਭਾਗ ਵਲੋਂ ਸੂਚਨਾ ਇਕੱਤਰ ਕਰਨ ਲਈ ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਈ-ਗਵਰਨੈਂਸ ਵਿਭਾਗ ਵਲੋਂ ਪ੍ਰਾਪਤ ਸੂਚਨਾ ਦਾ ਰਿਕਾਰਡ ਤਿਆਰ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਬਬੀਤਾ ਕਲੇਰ, ਡਿਪਟੀ ਕਮਿਸ਼ਨਰ ਪੁਲਿਸ ਨਰੇਸ਼ ਡੋਗਰਾ, ਸੁਪਰਡੰਟ ਪੁਲਿਸ ਆਰ.ਪੀ.ਐਸ. ਸੰਧੂ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ,ਰਾਹੁਲ ਸਿੰਧੂ, ਡਾ.ਸੰਜੀਵ ਸ਼ਰਮਾ, ਡਾ.ਜੈ ਇੰਦਰ ਸਿੰਘ ਅਤੇ ਡਾ.ਵਿਨੀਤ ਕੁਮਾਰ, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਬਰਜਿੰਦਰ ਸਿੰਘ, ਅਸਟੇਟ ਅਫ਼ਸਰ ਜੇ.ਡੀ.ਏ.ਨਵਨੀਤ ਕੌਰ ਬੱਲ ਅਤੇ ਹੋਰ ਵੀ ਹਾਜ਼ਰ ਸਨ।

super visa