ਜ਼ਿਲ੍ਹੇ ’ਚ ਕਣਕ ਦੀ ਸੁਚਾਰੂ ਖ਼ਰੀਦ ਲਈ ਕਿਸਾਨਾਂ ਨੂੰ ਯੂ.ਆਈ.ਡੀ. ਅਤੇ ਹੋਲੋਗਰਾਮ ਵਾਲੀਆਂ ਸਲਿਪਾਂ ਹੋਣਗੀਆਂ ਜਾਰੀ

ਜ਼ਿਲ੍ਹੇ ’ਚ ਕਣਕ ਦੀ ਸੁਚਾਰੂ ਖ਼ਰੀਦ ਲਈ ਕਿਸਾਨਾਂ ਨੂੰ ਯੂ.ਆਈ.ਡੀ. ਅਤੇ ਹੋਲੋਗਰਾਮ ਵਾਲੀਆਂ ਸਲਿਪਾਂ ਹੋਣਗੀਆਂ ਜਾਰੀ

ਜਲੰਧਰ 14 ਅਪ੍ਰੈਲ (ਨਿਊਜ85ਪੰਜਾਬ) -  ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ , ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਨੂੰ ਯੂਨੀਕ ਅਡੈਂਟੀਫਿਕੇਸ਼ਨ ਨੰਬਰ (ਯੂ.ਆਈ.ਡੀ) ਜਾਰੀ ਕੀਤੇ ਜਾਣਗੇ।
                             ਦਾਣਾ ਮੰਡੀ ਭੋਗਪੁਰ ਵਿਖੇ 15 ਅਪ੍ਰੈਲ ਤੋਂ ਸੁਰੂ ਹੋ ਰਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਇਕ ਮੀਟਿੰਗ ਦੌਰਾਨ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਅਜਿਹਾ ਕਰਨ ਦਾ ਮੁੱਖ ਮੰਤਵ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ 15 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਹੋ ਕੇ 15 ਜੂਨ ਤੱਕ ਚੱਲੇਗੀ ਅਤੇ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਵਿਸ਼ੇਸ਼ ਹਲਾਤਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਕ ਅਡੈਂਟੀਫਿਕੇਸ਼ਨ ਨੰਬਰ ਰਾਹੀਂ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਜਿਨ੍ਹਾਂ ਕਿਸਾਨਾਂ ਨੂੰ ਸਲਿਪਾਂ ਜਾਰੀ ਕੀਤੀਆਂ ਗਈਆਂ ਹਨ ਉਹੀ ਹੀ ਮੰਡੀਆਂ ਵਿੱਚ ਅਪਣੀ ਕਣਕ ਵੇਚਣ ਲਈ ਆ ਸਕਦੇ ਹਨ।
                             ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਸਲਿਪ ’ਤੇ ਸਪੈਸ਼ਲ ਹੋਲੋਗਰਾਮ ਲਗਾਇਆ ਜਾਵੇਗਾ ਅਤੇ ਜਿਸ ਕਿਸਾਨ ਪਾਸ ਅਸਲ ਸਲਿੱਪ ਹੋਵੇਗੀ ਉਸ ਨੂੰ ਹੀ ਮੰਡੀ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ। ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ  ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋ ਸਕੇ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
                             ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਮਾਰਕਿਟ ਕਮੇਟੀਆਂ ਵਲੋਂ ਆੜ੍ਹਤੀਆਂ ਨੂੰ ਕੂਪਨ ਜਾਰੀ ਕੀਤੇ ਜਾਣਗੇ ਜੋ ਅਗੋਂ ਕਿਸਾਨਾਂ ਨੂੰ ਵੰਡਣਗੇ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆ ਵਿੱਚ ਖ਼ਾਲੀ ਜਗ੍ਹਾ ਅਨੁਸਾਰ ਰੋਜ਼ਾਨਾ ਅਤੇ ਵੱਖ-ਵੱਖ ਦਿਨਾਂ ਦੌਰਾਨ ਮਲਟੀਪਲ ਕੂਪਨ ਲੈ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨ ਹਰੇਕ ਕੂਪਨ ਦੇ ਨਾਲ ਇਕ ਟਰਾਲੀ ਜਿਸ ਵਿੱਚ 50 ਕੁਇੰਟਲ ਕਣਕ ਹੋਵੇਗੀ ਮੰਡੀ ਵਿੱਚ ਲਿਆ ਸਕੇਗਾ।
                             ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦਰਮਿਆਨ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਨਿਸ਼ਾਨ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 30 ਫੁੱਟ ਦੇ ਬਲਾਕ ਮੰਡੀਆਂ ਵਿੱਚ ਬਣਾਏ ਗਏ ਹਨ ਅਤੇ ਇਕ ਬਲਾਕ ਵਿੱਚ ਇਕ ਕਿਸਾਨ ਹੀ ਕਣਕ ਦੀ ਢੇਰੀ ਲਗਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਦਾ ਇਕੋ ਇਕ ਮੰਤਵ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਹ ਯਕੀਨੀ ਬਣਾਉਣਾ ਹੈ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨ ਇਕ ਜਗ੍ਹਾ ’ਤੇ ਇਕੱਠੇ ਨਾ ਹੋ ਸਕਣ।
                             ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਇਹ ਸਮੇਂ ਦੀ ਮੰਗ ਹੈ ਕਿ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਦੇ ਹੋਏ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ ਦਾ ਇਕ ਇਕ ਦਾਣਾ ਸੁਚੱਜੇ ਢੰਗ ਨਾਲ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੰਡੀਆਂ ਵਿੱਚ ਸੈਨੀਟਾਈਜ਼, ਹੱਥ ਧੋਣ ਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਤੋਂ ਇਲਾਵਾ ਕਿਸਾਨਾਂ ਅਤੇ ਸਰਕਾਰੀ ਕਰਮਚਾਰੀਆਂ ਵਲੋਂ ਸਾਰੀਆਂ ਸ਼ਰਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਮੰਡੀਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਵਿਆਪਕ ਰਣਨੀਤੀ ਪਹਿਲਾਂ ਹੀ ਬਣਾਈ ਜਾ ਚੁੱਕੀ ਹੈ।
                             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਏ.ਐਸ.ਪੁਆਰ, ਐਸ.ਪੀ. ਆਰ.ਪੀ.ਐਸ.ਸੰਧੂ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ, ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਸੰਜੀਵ ਕੁਮਾਰ ਅਤੇ ਵਿਨੀਤ ਕੁਮਾਰ, ਏ.ਐਸ.ਪੀ. ਅੰਕੁਸ਼ ਗੁਪਤਾ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ ਅਤੇ ਕਾਂਗਰਸੀ ਆਗੂ ਅਸ਼ਵਿਨ ਭੱਲਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

super visa